Chandigarh, 25 January(Punjab Today News Ca):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਰਹੱਦੀ ਸੂਬੇ ਪੰਜਾਬ ਵਿੱਚ ਗਣਤੰਤਰ ਦਿਵਸ-2023 (Republic Day-2023) ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਅੱਜ ਸੂਬੇ ਭਰ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ,ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ (Director General of Police (DGP) Punjab Gaurav Yadav) ਨੇ ਸੂਬੇ ਦੇ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਅਤੇ ਗਜ਼ਟਿਡ ਅਫਸਰਾਂ ਨੂੰ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਲਈ ਵੀ ਕਿਹਾ,ਉਨ੍ਹਾਂ ਦੱਸਿਆ ਕਿ ਸੂਬੇ ਦੇ ਅਹਿਮ ਜ਼ਿਲ੍ਹਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਤੋਂ ਸੀਨੀਅਰ ਅਧਿਕਾਰੀ ਤਾਇਨਾਤ ਕਰਨ ਦੇ ਨਾਲ ਨਾਲ ਸੰਵੇਦਨਸ਼ੀਲ ਥਾਵਾਂ ’ਤੇ ਵਾਧੂ ਬਲ ਵੀ ਤਾਇਨਾਤ ਕੀਤੇ ਗਏ ਹਨ,ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਜਲੰਧਰ ਵਿਖੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਖ਼ੁਦ ਉਥੇ ਮੌਜੂਦ ਹਨ, ਨੇ ਦੱਸਿਆ ਕਿ ਡੀਜੀਪੀ ਪੰਜਾਬ ਵੱਲੋਂ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਵਿਆਪਕ ਚੈਕਿੰਗ ਦੇ ਵੀ ਹੁਕਮ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ,ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ,ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕ 112 ਜਾਂ 181 ਹੈਲਪਲਾਈਨ ਨੰਬਰਾਂ ‘ਤੇ ਪੁਲਿਸ ਨੂੰ ਸੂਚਿਤ ਕਰ ਸਕਦੇ ਹਨ,ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀਰਵਾਰ ਨੂੰ ਜਲੰਧਰ ਵਿਖੇ ਹੋਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ।