Mohali,(Punjab Today News Ca):- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) (National Green Tribunal (NGT)) ਨੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਪੰਜਾਬ ਦੇ 85 ਉਦਯੋਗਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ,ਇਸ ਦੇ ਨਾਲ ਹੀ 4452 ਉਦਯੋਗਿਕ ਇਕਾਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ,ਇਹ ਜਾਣਕਾਰੀ ਕੇਂਦਰੀ ਵਾਤਾਵਰਨ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਰਾਜ ਸਭਾ ‘ਚ ਪੰਜਾਬ ਤੋਂ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸਵਾਲ ‘ਤੇ ਦਿੱਤੀ।
ਪੰਜਾਬ ਵਿੱਚ ਪਾਣੀ ਦਾ ਪ੍ਰਦੂਸ਼ਣ ਇੱਕ ਵੱਡੀ ਸਮੱਸਿਆ ਬਣ ਗਿਆ ਹੈ,ਮੰਤਰੀ ਚੌਬੇ ਅਨੁਸਾਰ ਪੰਜਾਬ ਵਿੱਚ 25,374 ਉਦਯੋਗਿਕ ਇਕਾਈਆਂ ਹਨ, ਜਿਨ੍ਹਾਂ ਵਿੱਚੋਂ 2,906 ਬੰਦ ਹੋ ਚੁੱਕੀਆਂ ਹਨ, ਪਰ 22,468 ਅਜੇ ਵੀ ਚੱਲ ਰਹੀਆਂ ਹਨ,ਪੰਜਾਬ ਵਿੱਚ 6,293 ਉਦਯੋਗ ਵਾਤਾਵਰਣ ਦੇ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਹਨ,ਜਿਸ ਕਾਰਨ ਪੰਜਾਬ ਦੇ ਪੰਜ ਦਰਿਆ ਪ੍ਰਦੂਸ਼ਿਤ ਹੋ ਰਹੇ ਹਨ ਅਤੇ ਤਿੰਨ ਦਰਿਆਵਾਂ ਦਾ ਪੱਧਰ ਅਤਿ ਪ੍ਰਦੂਸ਼ਿਤ ਪਾਣੀ ਦੀ ਸ਼੍ਰੇਣੀ ਵਿੱਚ ਆਉਂਦਾ ਹੈ।
ਮੰਤਰੀ ਚੌਬੇ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਵਾਤਾਵਰਣ ਦੀ ਸੁਰੱਖਿਆ ਨੂੰ ਲੈ ਕੇ ਵਾਰ-ਵਾਰ ਚਿਤਾਵਨੀਆਂ ਦਿੱਤੀਆਂ ਗਈਆਂ ਸਨ,ਇਸ ਦੇ ਬਾਵਜੂਦ ਪੰਜਾਬ ਦੀਆਂ 28 ਫੀਸਦੀ ਉਦਯੋਗਿਕ ਇਕਾਈਆਂ ਵਾਤਾਵਰਣ ਦੇ ਮਾਪਦੰਡਾਂ ਦੀ ਪਾਲਣਾ ਨਹੀਂ ਕਰ ਰਹੀਆਂ ਹਨ,ਹਿਮਾਚਲ ਵਿੱਚ ਸਿਰਫ਼ 3.03% ਅਤੇ ਹਰਿਆਣਾ ਵਿੱਚ 1.50% ਉਦਯੋਗਿਕ ਇਕਾਈਆਂ ਨਿਯਮਾਂ ਦੀ ਪਾਲਣਾ ਨਹੀਂ ਕਰਦੀਆਂ ਹਨ,ਪੰਜਾਬ ਵਿੱਚ 4452 ਯੂਨਿਟਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਜਦਕਿ 85 ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। 1756 ਉਦਯੋਗਿਕ ਇਕਾਈਆਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।