
ਪੰਜਾਬ ਵਿਧਾਨ ਸਭਾ ਦੇ ਪਾਸ ਕੀਤੇ ਗਏ 2 ਅਹਿਮ ਬਿੱਲ ਰਾਜਪਾਲ ਕੋਲ ਪ੍ਰਵਾਨਗੀ ਲਈ ਭੇਜੇ ਗਏ , ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ 4 ਬਿੱਲਾਂ ‘ਚੋਂ ‘ਸਿੱਖ ਗੁਰਦੁਆਰਾ ਸੋਧ ਬਿੱਲ ਅਤੇ ਪੰਜਾਬ ਪੁਲਿਸ ਸੋਧ ਬਿੱਲ ਰਾਜਪਾਲ ਕੋਲ ਭੇਜੇ ਗਏ ਨੇ….ਸਿੱਖ ਗੁਰੂਦੁਆਰਾ ਸੋਧ ਬਿੱਲ ਨੂੰ ਲੈ ਕੇ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ ,ਰਾਜਪਾਲ ਬਨਵਾਰੀ ਪੁਰੋਹਿਤ ਪਹਿਲਾਂ ਹੀ ਆਖ ਚੁੱਕੇ ਹਨ ਕਿ ਉਹ ਸੰਵਿਧਾਨਿਕ ਨਜ਼ਰੀਏ ਤੋਂ ਇਨ੍ਹਾਂ ਬਿੱਲਾਂ ਦੀ ਘੋਖ ਕਰਨਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੁਲਾਕਾਤ ਕਰਕੇ ਰਾਜਪਾਲ ਨੂੰ ‘ਸਿੱਖ ਗੁਰਦੁਆਰਾ ਸੁਧ ਬਿੱਲ ਨੂੰ ਪ੍ਰਵਾਨਗੀ ਨਾ ਦੇਣ ਦੀ ਅਪੀਲ ਕਰ ਚੁੱਕੇ ਹਨ। ਇਹ ਬਿੱਲ ਸ੍ਰੀ ਹਰਿਮੰਦਰ ਸਾਹਿਬ `ਚੋਂ ਗੁਰਬਾਣੀ ਦੇ ਪ੍ਰਸਾਰਨ ਨਾਲ ਸਬੰਧਤ ਹੈ। ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਇਸ ਬਿੱਲ ਨੂੰ ਸਰਕਾਰ ਦਾ ਸਿੱਖ ਮਾਮਲਿਆਂ ਵਿੱਚ ਸਿੱਧਾ ਦਖ਼ਲ ਦੱਸ ਰਹੀ ਹੈ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਗੁਰਬਾਣੀ ਪ੍ਰਸਾਰਨ ਦੇ ਮਾਮਲੇ ਵਿੱਚ ਕਿਸੇ ਵਿਸ਼ੇਸ਼ ਚੈਨਲ ਦੀ ਅਜਾਰੇਦਾਰੀ ਖ਼ਤਮ ਕਰਨ ਦੀ ਗੱਲ ਕਰ ਰਹੇ ਹਨ।
ਸਰਕਾਰ ਵੱਲੋਂ ਪੰਜਾਬ ਐਫ਼ਿਲੀਏਟਿਡ ਕਾਲਜਿਜ਼ (ਸੇਵਾਵਾਂ ਦੀ ਸੁਰੱਖਿਆ) ਸੋਧ ਬਿੱਲ- 2023 ਅਤੇ ਪੰਜਾਬ ਯੂਨੀਵਰਸਿਟੀ ਲਾਅਜ਼ ਸੋਧ ਬਿੱਲ ਨੂੰ ਫ਼ਿਲਹਾਲ ਰਾਜਪਾਲ ਕੋਲ ਨਹੀਂ ਭੇਜਿਆ ਗਿਆ ਹੈ। ਇਸ ਬਿੱਲ ਜ਼ਰੀਏ ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰ ਦਾ ਅਹੁਦਾ ਮੁੱਖ ਮੰਤਰੀ ਹਵਾਲੇ ਕੀਤੇ ਜਾਣਾ ਹੈ ਤੇ ਇਹ ਬਿੱਲ ਰਾਜਪਾਲ ਦੀਆਂ ਸ਼ਕਤੀਆਂ ਵਿੱਚ ਕਟੌਤੀ ਕਰਨ ਵਾਲਾ ਹੈ।